ਤਰਨਤਾਰਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟਣ ਦੇ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਮੁਹਿੰਮ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਸੀਨੀਅਰ ਪੁਲਿਸ ਕਪਤਾਨ ਅਭਿਮਨਿਊ ਰਾਣਾ ਅਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ, ਐਸਡੀਐਮ ਤਰਨਤਾਰਨ ਅਰਵਿੰਦਰਪਾਲ ਸਿੰਘ ਅਤੇ ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ ਵੀ ਮੌਜੂਦ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਇੱਕੋ-ਇੱਕ ਮੰਤਵ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਵਿੱਢੀ ਗਈ ਇਸ ਮੁਹਿੰਮ ਵਿੱਚ ਕਿਸੇ ਵੀ ਪੱਧਰ 'ਤੇ ਕੁਤਾਹੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ।