ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਗਠਿਤ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਸੈਂਟਰਲ ਦੇ ਜੋਨਲ ਕੋਆਰਡੀਨੇਟਰ ਸੁਖਜੀਤ ਸਿੰਘ ਢਿੱਲਵਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ਡੀਸੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਮਾਲਵਾ ਸੈਂਟਰਲ ਦੇ ਜੋਨਲ ਕੋਆਰਡੀਨੇਟਰ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਜਿੱਥੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਗਈ ਹੈ। ਉੱਥੇ ਹੀ ਨਸ਼ਾ ਮੁਕਤੀ ਮੋਰਚੇ ਦਾ ਵੀ ਗਠਨ ਕੀਤਾ ਗਿਆ, ਜਿਸ ਨਾਲ ਪਿੰਡ-ਪਿੰਡ ਹਰ ਵਾਰਡ ਵਿਚ ਜਾ ਕੇ ਨਸ਼ਾ ਕਰਨ ਵਾਲੇ ਨੌਜਵਾਨਾਂ ਬਾਰੇ ਪਤਾ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਨਸ਼ਾ ਛਡਵਾਉਣ ਦੇ ਲਈ ਉਪਰਾਲੇ ਕੀਤੇ ਜਾਣਗੇ। ਪਿੰਡ ਪੱਧਰ 'ਤੇ ਕਮੇਟੀਆਂ ਬਣਾਈਆਂ ਜਾਣਗੀਆਂ।ਨੌਜਵਾਨਾਂ ਨੂੰ ਰੁਜ਼ਗਾਰ ਦੇ ਲਈ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਵਿੱਚ ਨਸ਼ਾ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ ਵੱਧ ਹੈ ਤਾਂ ਉਸੇ ਪਿੰਡ ਵਿੱਚ ਹੀ ਨੌਜਵਾਨਾਂ ਦੇ ਲਈ ਨਸ਼ਾ ਛਡਾਉਣ ਕੇਂਦਰ ਬਣਾਇਆ ਜਾਵੇਗਾ, ਜਿੱਥੇ ਉਹ ਰਹਿ ਕੇ ਆਪਣਾ ਨਸ਼ਾ ਛੱਡ ਸਕਦੇ ਹਨ।