ਬਠਿੰਡਾ: ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ ਪਾਉਣ ਲਈ ਪੁਲਿਸ ਵੱਲੋਂ ਲਗਾਤਾਰ ਸਮਾਜ ਵਿਰੋਧੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸੀਆਈਏ ਸਟਾਫ ਇੱਕ ਦੀ ਟੀਮ ਵੱਲੋਂ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਅੱਧਾ ਕਿੱਲੋ ਚਿੱਟੇ (ਹੈਰੋਇਨ) ਨਾਲ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਡੀਐਸਪੀ ਫੂਲ ਪ੍ਰਦੀਪ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਇੱਕ ਦੇ ਏਐਸਆਈ ਗੁਰਮੇਲ ਸਿੰਘ ਵੱਲੋਂ ਕੋਠਾ ਗੁਰੂ ਤੋਂ ਦਿਆਲਪੁਰਾ ਸੜਕ ਉੱਪਰ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਜਦੋਂ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਅੱਧਾ ਕਿੱਲੋ ਚਿੱਟਾ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਹਿਚਾਣ ਲਵਪ੍ਰੀਤ ਸਿੰਘ ਵਾਸੀ ਕੋਠਾ ਗੁਰੂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਲਵਪ੍ਰੀਤ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।