ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਮਾੜੇ ਅਨਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਚੱਲਦੇ ਸੀਆਈਏ ਸਟਾਫ 2 ਦੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਜਦੋਂ ਉਨ੍ਹਾਂ ਵੱਲੋਂ 2 ਨੌਜਵਾਨਾਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ ਨਜਾਇਜ਼ ਹਥਿਆਰ ਵੀ ਬਰਾਮਦ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਏਸੀਪੀ ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਨਸ਼ਾ ਤਸਕਰਾਂ ਤੇ ਹਥਿਆਰਾਂ ਦੀ ਸਪਲਾਈ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਸਾਡੇ ਵੱਲੋਂ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਦੇ ਚੱਲਦੇ ਸਾਡੀ ਪੁਲਿਸ ਟੀਮ ਨੇ 2 ਨਜਾਇਜ਼ ਪਿਸਤੌਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਯੋਜਨਾਬੱਧ ਤਰੀਕੇ ਨਾਲ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਅਕਾਸ਼ ਕੁਮਾਰ ਅੰਮ੍ਰਿਤਸਰ ਨੂੰ ਹਾਊਸਿੰਗ ਬੋਰਡ ਕਲੋਨੀ ਦੇ ਖੇਤਰ ਤੋਂ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕਰਕੇ ਇਨ੍ਹਾਂ ਕੋਲੋਂ 2 ਪਿਸਟਲ 32 ਬੋਰ ਸਮੇਤ 4 ਜਿੰਦਾ ਰੌਂਦ ਬਰਾਮਦ ਕੀਤੇ ਹਨ।